ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ,2026: (AzadVaani) ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ, ਸ੍ਰੀ ਰਵਨੀਤ ਸਿੰਘ ਨਾਲ ਵਿਸਥਾਰ ਪੂਰਵਕ ਬੈਠਕ ਕੀਤੀ।
ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਵਾਈਸ ਚੇਅਰਮੈਨ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਬਕਾਇਆ ਫੰਡਾਂ ਦੀ ਅਦਾਇਗੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਸਫ਼ਾਈ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕਰਮਚਾਰੀ ਨਾਲ ਅਨਿਆਇ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ ਨੇ ਭਰੋਸਾ ਦਿਵਾਇਆ ਕਿ ਵਾਈਸ ਚੇਅਰਮੈਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।












