ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ: (Azadvaani)
ਵਿਧਾਨ ਸਭਾ ਹਲਕਾ ਐਸ ਏ ਐਸ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਗੀਗੇ ਮਾਜਰਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਲੋਕਾਂ ਤੋਂ ਸਰਕਾਰ ਦੇ ਕੰਮਕਾਜ ਬਾਰੇ ਫੀਡਬੈਕ ਪ੍ਰਾਪਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਸਪੱਸ਼ਟ ਪ੍ਰਗਟਾਵਾ ਹੈ ਕਿ ਲੋਕ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ-ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਉਪਰੰਤ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ ਲਾਗੂ ਕੀਤਾ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਲਕਾ ਮੋਹਾਲੀ ਵਿੱਚ ਵੀ 30 ਖੇਡ ਸਟੇਡੀਅਮ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1000 ਤੋਂ ਵੱਧ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹਲਕਾ ਮੋਹਾਲੀ ਵਿੱਚ 10 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਸੇਵਾਵਾਂ ਦੇ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵੀ ਦਿੱਤੀ ਗਈ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 68 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਸਤਵਿੰਦਰ ਸਿੰਘ ਮਿੱਠੂ, ਨਰਿੰਦਰ ਸਿੰਘ, ਹਰਪਾਲ ਸਿੰਘ ਗਰੇਵਾਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਪ੍ਰਗਟ ਸਿੰਘ, ਬਲਜੀਤ ਸਿੰਘ ਹੈਪੀ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਫੋਟੋ ਕੈਪਸ਼ਨ:
ਵਿਧਾਇਕ ਕੁਲਵੰਤ ਸਿੰਘ ਪਿੰਡ ਗੀਗੇ ਮਾਜਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ।












