ਮਈ ਮਹੀਨੇ ਤੋਂ ਹੁਣ ਤੱਕ 1,903 ਚਲਾਨ; ਚਲਾਨ ਫ਼ੀਸ ਰਾਹੀਂ 1,36,63,501 ਰੁਪਏ ਰਾਜ ਦੇ ਮਲੀਏ ਵਿੱਚ ਆਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: (Azadvaani) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਪ੍ਰਾਈਵੇਟ ਬੱਸਾਂ ਦੀ ਗਲਤ ਅਤੇ ਵਿਘਨ ਪਾਉਣ ਵਾਲੀ ਪਾਰਕਿੰਗ ਸਬੰਧੀ ਲੋਕਾਂ ਵੱਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਮੱਦੇਨਜ਼ਰ ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ, ਤਾਂ ਜੋ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ।
ਹਰਪ੍ਰੀਤ ਸਿੰਘ ਅਟਵਾਲ, ਪੀ ਸੀ ਐਸ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਗਗਨਦੀਪ ਸਿੰਘ, ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ.ਆਰ.ਟੀ.ਓ.) ਦੀ ਅਗਵਾਈ ਹੇਠ ਐਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਪ੍ਰਾਈਵੇਟ ਬੱਸਾਂ, ਟੂਰਿਸਟ ਬੱਸਾਂ, ਸਕੂਲ ਬੱਸਾਂ ਅਤੇ ਕੈਬਾਂ/ਟੈਕਸੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਤੇ ਗਲਤ ਢੰਗ ਨਾਲ ਪਾਰਕ ਕੀਤੀਆਂ ਅਤੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਓਵਰਲੋਡਿੰਗ, ਰੋਡ ਟੈਕਸ/ਪੰਜਾਬ ਮੋਟਰ ਵਹੀਕਲ ਟੈਕਸ ਦਾ ਭੁਗਤਾਨ ਨਾ ਕਰਨ, ਫਿਟਨੈੱਸ ਸਰਟੀਫਿਕੇਟ, ਬੀਮਾ ਜਾਂ ਪ੍ਰਦੂਸ਼ਣ ਕੰਟਰੋਲ (ਪੀ.ਯੂ.ਸੀ.) ਸਰਟੀਫਿਕੇਟ ਦੀ ਮਿਆਦ ਖ਼ਤਮ ਹੋਣ ਵਰਗੀਆਂ ਮੋਟਰ ਵਹੀਕਲ ਐਕਟ ਦੀਆਂ ਉਲੰਘਣਾਵਾਂ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਗਈ।
ਖੇਤਰੀ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਹ ਮੁਹਿੰਮ ਵਪਾਰਕ ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਲੋਕਾਂ ਵੱਲੋਂ ਪ੍ਰਾਪਤ ਹੋ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਉਲੰਘਣਾਵਾਂ ਨਾ ਸਿਰਫ਼ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ, ਸਗੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਦਫ਼ਤਰ, ਖੇਤਰੀ ਟਰਾਂਸਪੋਰਟ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਈ 2026 ਤੋਂ ਨਿਯਮਤ ਤੌਰ ‘ਤੇ ਐਨਫੋਰਸਮੈਂਟ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਅਰਸੇ ਦੌਰਾਨ ਵੱਖ-ਵੱਖ ਉਲੰਘਣਾਵਾਂ ਲਈ 1,903 ਚਲਾਨ ਕੀਤੇ ਗਏ ਹਨ ਅਤੇ ਚਲਾਨ ਫੀਸ (ਕੰਪਾਊਂਡਿੰਗ) ਰਾਹੀਂ 1,36,63,501 ਰੁਪਏ ਦੀ ਰਾਸ਼ੀ ਰਾਜ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਈ ਗਈ ਹੈ।
ਆਰ.ਟੀ.ਓ. ਨੇ ਦੁਹਰਾਇਆ ਕਿ ਇਨ੍ਹਾਂ ਮੁਹਿੰਮਾਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ, ਟ੍ਰੈਫਿਕ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ ਅਤੇ ਵਪਾਰਕ ਵਾਹਨ ਚਾਲਕਾਂ ਅਤੇ ਮਾਲਕਾਂ ਨੂੰ ਮੋਟਰ ਵਹੀਕਲ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕਰਨਾ ਹੈ।
ਉਨ੍ਹਾਂ ਪ੍ਰਾਈਵੇਟ ਬੱਸਾਂ, ਟੂਰਿਸਟ ਬੱਸਾਂ, ਸਕੂਲ ਬੱਸਾਂ, ਕੈਬਾਂ, ਟੈਕਸੀਆਂ ਅਤੇ ਹੋਰ ਵਪਾਰਕ ਵਾਹਨਾਂ ਦੇ ਮਾਲਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਸਿਰਫ਼ ਅਧਿਕਾਰਤ ਸਥਾਨਾਂ ‘ਤੇ ਹੀ ਪਾਰਕ ਕਰਨ, ਸਾਰੇ ਲਾਗੂ ਟੈਕਸ ਸਮੇਂ ਸਿਰ ਅਦਾ ਕਰਨ, ਫਿਟਨੈੱਸ, ਬੀਮਾ ਅਤੇ ਪ੍ਰਦੂਸ਼ਣ ਕੰਟਰੋਲ (ਪੀ.ਯੂ.ਸੀ.) ਸਰਟੀਫਿਕੇਟ ਹਮੇਸ਼ਾ ਵੈਧ ਰੱਖਣ, ਓਵਰਲੋਡਿੰਗ ਤੋਂ ਗੁਰੇਜ਼ ਕਰਨ, ਸਾਰੇ ਲੋੜੀਂਦੇ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਮੋਟਰ ਵਹੀਕਲ ਐਕਟ ਦੀਆਂ ਸਾਰੀਆਂ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਟ੍ਰੈਫਿਕ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਐਨਫੋਰਸਮੈਂਟ ਟੀਮਾਂ ਦਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
ਫੋਟੋ ਕੈਪਸ਼ਨ:
ਖੇਤਰੀ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ, ਪੀ.ਸੀ.ਐਸ., ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਪਾਰਕ ਵਾਹਨਾਂ ਖ਼ਿਲਾਫ਼ ਚਲਾਈ ਗਈ ਐਨਫੋਰਸਮੈਂਟ ਮੁਹਿੰਮ ਦੀ ਅਗਵਾਈ ਕਰਦੇ ਹੋਏ। ਇਸ ਦੌਰਾਨ ਗਲਤ ਪਾਰਕਿੰਗ, ਲੋੜੀਂਦੇ ਦਸਤਾਵੇਜ਼ਾਂ, ਟੈਕਸਾਂ ਅਤੇ ਹੋਰ ਕਾਨੂੰਨੀ ਸ਼ਰਤਾਂ ਦੀ ਪਾਲਣਾ ਸਬੰਧੀ ਵਾਹਨਾਂ ਦੀ ਜਾਂਚ ਕੀਤੀ ਗਈ।












