ਰੁਜ਼ਗਾਰ ਦੇਣ ਦਾ ਵਾਅਦਾ ਆਮ ਆਦਮੀ ਪਾਰਟੀ ਸਰਕਾਰ ਨੇ ਪੂਰਾ ਕੀਤਾ : ਕੁਲਵੰਤ ਸਿੰਘ
ਵਿਰੋਧੀ ਧਿਰ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: (AzadVaani) ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ 9 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰ. ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਾਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਨਿਯੁਕਤੀਆਂ ਸਬੰਧੀ ਕਿਸੇ ਵੀ ਕਿਸਮ ਦਾ ਵਿਵਾਦ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ 9 ਆਂਗਣਵਾੜੀ ਵਰਕਰਾਂ ਵਿੱਚੋਂ ਤਿੰਨ ਸੁਹਾਣਾ ਪਿੰਡ ਨਾਲ ਸਬੰਧਤ ਹਨ, ਜਦਕਿ ਬਾਕੀ ਕੁੰਬੜਾ, ਮੌਜਪੁਰ, ਚਿੱਲਾ ਅਤੇ ਬੜਮਾਜਰਾ ਨਾਲ ਸਬੰਧਤ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਵਿਰੋਧ ਕਰਨ ਲਈ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਬੁਨਿਆਦ ਦੋਸ਼ ਅਤੇ ਅਫ਼ਵਾਹਾਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ, ਜਦਕਿ ਮੌਜੂਦਾ ਸਰਕਾਰ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੋਣ ਦੇ ਨਾਲ-ਨਾਲ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਨੂੰ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਬਰਸਾਤ ਦੇ ਮੌਸਮ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਮੋਹਾਲੀ ਵਿਖੇ ਬਣ ਰਹੇ ਮੈਡੀਕਲ ਕਾਲਜ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰਾਜੈਕਟ ਲਈ ਜ਼ਮੀਨ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਮੈਡੀਕਲ ਕਾਲਜ ਦੀ ਚਾਰਦੀਵਾਰੀ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੀ ਮੁੱਖ ਇਮਾਰਤ ਦਾ ਨਿਰਮਾਣ ਵੀ ਜਲਦ ਸ਼ੁਰੂ ਹੋਵੇਗਾ।
ਇਸ ਮੌਕੇ ਦਿ ਕੋਆਪਰੇਟਿਵ ਬੈਂਕ ਲਿਮਟਿਡ, ਜ਼ਿਲ੍ਹਾ ਮੋਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਰੋਡਾ, ਕੌਂਸਲਰ ਰਮਨਪ੍ਰੀਤ ਕੌਰ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਨਸੀਬ ਸਿੰਘ ਸੰਧੂ, ਰੁਪਿੰਦਰ ਸਿੰਘ ਰੂਪਾ, ਹਰਮੇਸ਼ ਸਿੰਘ, ਬਲਜੀਤ ਸਿੰਘ, ਨਿਰਮਲਜੀਤ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਗਗਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਫੋਟੋ ਕੈਪਸ਼ਨ:
ਵਿਧਾਇਕ ਕੁਲਵੰਤ ਸਿੰਘ ਸੈਕਟਰ-79, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ 9 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।












