ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੀਤੀ ਪਵਾਰ ਅਤੇ ਜੈਸਮੀਨ ਲਾਂਬੋਰੀਆ ਨੂੰ ਦਿੱਤੀ ਵਧਾਈ
ਚੰਡੀਗੜ੍ਹ, 2 ਅਗਸਤ – ਕਾਮਨਵੈਲਥ ਗੇਮਜ਼ 2026 ਵਿੱਚ ਹਰਿਆਣਾ ਦੀਆਂ ਧੀਆਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਭਾਰਤ ਦਾ ਮਾਣ ਵਧਾਇਆ ਹੈ। ਭਿਵਾਨੀ ਦੀ ਬਾਕਸਰ ਪ੍ਰੀਤੀ ਪਵਾਰ ਨੇ ਮਹਿਲਾ 54 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ, ਜਦੋਂ ਕਿ ਭਿਵਾਨੀ ਦੀ ਹੀ ਜੈਸਮੀਨ ਲਾਂਬੋਰੀਆ ਨੇ ਮਹਿਲਾ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਨੂੰ ਦੂਜੀ ਸੁਨਹਿਰੀ ਸਫ਼ਲਤਾ ਦਵਾਈ। ਦੋਵਾਂ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਿਵਾਨੀ ਦੀਆਂ ਇਨ੍ਹਾਂ ਧੀਆਂ ਨੇ ਆਪਣੇ ਅਣਥੱਕ ਹੌਸਲੇ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦੇ ਬਲਬੂਤੇ ਪੂਰੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਧੀਆਂ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦਾ ਤਿਰੰਗਾ ਵਿਸ਼ਵ ਮੰਚ ‘ਤੇ ਲਹਿਰਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਤੀ ਪਵਾਰ ਵੱਲੋਂ 54 ਕਿਲੋਗ੍ਰਾਮ ਭਾਰ ਵਰਗ ਅਤੇ ਜੈਸਮੀਨ ਲਾਂਬੋਰੀਆ ਵੱਲੋਂ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਣਾ ਸਿਰਫ਼ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਦਾ ਪਲ ਹੈ। ਇਨ੍ਹਾਂ ਦੋਵਾਂ ਖਿਡਾਰਨਾਂ ਦੀ ਪ੍ਰਾਪਤੀ ਨਾਲ ਸੂਬੇ ਦੇ ਲੱਖਾਂ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਣਾ ਮਿਲੇਗੀ।
ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ, ਆਧੁਨਿਕ ਖੇਡ ਬੁਨਿਆਦੀ ਢਾਂਚੇ, ਬਿਹਤਰ ਸਿਖਲਾਈ ਅਤੇ ਪਾਰਦਰਸ਼ੀ ਖੇਡ ਨੀਤੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਸੂਬੇ ਦੇ ਖਿਡਾਰੀ ਲਗਾਤਾਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਦੋਵਾਂ ਸੋਨ ਤਗ਼ਮਾ ਜੇਤੂ ਖਿਡਾਰਨਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਕੋਚਾਂ ਅਤੇ ਭਾਰਤੀ ਬਾਕਸਿੰਗ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਹਰਿਆਣਾ ਦੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇਸ਼ ਲਈ ਨਵੇਂ ਰਿਕਾਰਡ ਸਥਾਪਤ ਕਰਦੇ ਰਹਿਣਗੇ।











