ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: (AzadVaani) ਮੁਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com
’ਤੇ 3 ਅਗਸਤ, 2026 ਤੱਕ ਜਮ੍ਹਾਂ ਕਰਵਾ ਸਕਦੇ ਹਨ। ਇਸ ਤਹਿਤ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਾਂ, ਜਿਵੇਂ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਸੁਪਰ ਸੀਡਰ, ਬੇਲਰ/ਰੇਕ, ਮਲਟੀ-ਕਰਾਪ ਸੁਪਰ ਸੀਡਰ ਅਤੇ ਰਿਵਰਸੇਬਲ ਪਲਾਓ ਆਦਿ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਇਸ ਪੋਰਟਲ ’ਤੇ ਜਾ ਕੇ ਆਪਣੇ ਆਧਾਰ ਕਾਰਡ ਰਾਹੀਂ ਲਾਗਇਨ ਕਰਕੇ ਅਰਜ਼ੀ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ, ਜ਼ਿਲ੍ਹਾ-ਵਾਰ ਨਿਰਧਾਰਤ ਟੀਚਿਆਂ ਅਤੇ ਵੱਖ-ਵੱਖ ਸ਼੍ਰੇਣੀਆਂ ਦੇ ਆਧਾਰ ’ਤੇ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਯੋਗ ਬਿਨੈਕਾਰਾਂ ਨੂੰ ਮਸ਼ੀਨਰੀ ਖਰੀਦਣ ਲਈ ਮਨਜ਼ੂਰੀ ਪੱਤਰ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਭੇਜਿਆ ਜਾਵੇਗਾ। ਇਸ ਤੋਂ ਬਾਅਦ ਕਿਸਾਨ ਪੋਰਟਲ ’ਤੇ ਦਰਜ ਕਿਸੇ ਵੀ ਮਨਜ਼ੂਰਸ਼ੁਦਾ ਮਸ਼ੀਨ ਨਿਰਮਾਤਾ/ਸਪਲਾਇਰ ਤੋਂ ਸਬੰਧਤ ਮਸ਼ੀਨਰੀ ਖਰੀਦ ਸਕਣਗੇ।
ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਕੇ, ਇਸ ਸਬਸਿਡੀ ਸਕੀਮ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਅਰਜ਼ੀ ਦੇਣ ਜਾਂ ਪੋਰਟਲ ਦੀ ਵਰਤੋਂ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਆਉਣ ’ਤੇ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।












