7 ਜੂਨ, 2026 (ਐਤਵਾਰ) ਨੂੰ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਵੋਟਰਾਂ ਦੀ ਸੁਵਿਧਾ ਲਈ ਹਰੇਕ ਬੂਥ ਤੇ ਲੱਗੇਗਾ ਵਿਸ਼ੇਸ਼ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੂਨ: (Azadvaani) ਮੁੱਖ ਚੋਣ ਅਫ਼ਸਰ, ਪੰਜਾਬ, ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਸਾਲ 2003 ਦੀ ਵੋਟਰ ਸੂਚੀ ਦਾ ਸਾਲ 2025 ਦੀ ਵੋਟਰ ਸੂਚੀ ਨਾਲ ਮਿਲਾਨ (ਮੈਪਿੰਗ) ਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹਰੇਕ ਪੋਲਿੰਗ ਸਟੇਸ਼ਨ ’ਤੇ 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।
ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਨਾਲ ਸਬੰਧਤ ਮੈਪਿੰਗ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਵਿਸ਼ੇਸ਼ ਕੈਂਪ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।












