ਸਰਕਾਰੀ ਸਿਹਤ ਸੰਸਥਾਵਾਂ ‘ਚ ਚੱਲੀ ਸਫ਼ਾਈ ਮੁਹਿੰਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ (Azadvaani) ਸਾਫ਼- ਸੁਥਰੇ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।” ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਆਖੀ l ਉਨ੍ਹਾਂ ਦਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਹਿੱਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀਆਂ ਸਮੂਹ ਬਲਾਕ ਪੱਧਰੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਅੱਜ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਸੰਸਥਾਵਾਂ ਦੀਆਂ ਛੱਤਾਂ, ਇਮਾਰਤਾਂ ਦੇ ਆਲੇ-ਦੁਆਲੇ, ਪਾਣੀ ਦੀਆਂ ਟੈਂਕੀਆਂ, ਡਰੇਨਾਂ, ਕੂਲਰਾਂ ਅਤੇ ਹੋਰ ਅਜਿਹੇ ਸਥਾਨਾਂ ਦੀ ਸਫ਼ਾਈ ਕਰਵਾਈ ਗਈ, ਜਿੱਥੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਇਕੱਠਾ ਹੋ ਕੇ ਮੱਛਰ ਪੈਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਸਫ਼ਾਈ ਦੌਰਾਨ ਸੁੱਕੇ ਪੱਤੇ, ਕੂੜਾ-ਕਰਕਟ ਅਤੇ ਬੇਲੋੜਾ ਸਮਾਨ ਵੀ ਹਟਾਇਆ ਗਿਆ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਸਿਹਤ ਸੰਸਥਾਵਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਫ਼ਾਈ ਨੂੰ ਨਿਯਮਤ ਤੌਰ ‘ਤੇ ਯਕੀਨੀ ਬਣਾਇਆ ਜਾਵੇ ਤਾਕਿ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
ਸਿਹਤ ਵਿਭਾਗ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੀ ਸਫ਼ਾਈ ਬਣਾਈ ਰੱਖਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ।
ਫੋਟੋ ਕੈਪਸ਼ਨ:- ਵਿਸ਼ੇਸ਼ ਸਫ਼ਾਈ ਮੁਹਿੰਮ ਦੀਆਂ ਤਸਵੀਰਾਂ l












