ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮਿਲਣਗੀਆਂ ਘਰ ਦੇ ਨੇੜੇ ਹੀ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ : ਅਨਮੋਲ ਗਗਨ ਮਾਨ
ਵੱਖ-ਵੱਖ ਬੀਮਾਰੀਆਂ ਦੀ ਜਾਂਚ ਤੇ ਇਲਾਜ ਮੁਫ਼ਤ ਹੋਵੇਗਾ : ਡਾ. ਸੰਗੀਤਾ ਜੈਨ
ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਜੁਲਾਈ : (AzadVaani ) ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਅੱਜ ਚਨਾਲੋਂ (ਕੁਰਾਲੀ) ਦੇ ਫ਼ੋਕਲ ਪੁਆਇੰਟ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ, ਆਮ ਆਦਮੀ ਕਲੀਨਿਕਾਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਗਿਰੀਸ਼ ਡੋਗਰਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤ ਅਰੋੜਾ ਸਮੇਤ ਪਿੰਡਾਂ ਦੇ ਲੋਕ ਅਤੇ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਮ ਐਲ ਏ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚਾਇਆ ਹੈ ਅਤੇ ਹੁਣ ਆਮ ਲੋਕਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈ ਰਹੇ।
ਉਨ੍ਹਾਂ ਕਿਹਾ ਕਿ ਫ਼ੋਕਲ ਪੁਆਇੰਟ ਵਿਚ ਇਹ ਕਲੀਨਿਕ ਸ਼ੁਰੂ ਹੋਣ ਨਾਲ ਇੰਡਸਟਰੀਅਲ ਏਰੀਆ ਵਿਚ ਕੰਮ ਕਰਨ ਵਾਲੇ ਹਜ਼ਾਰਾਂ ਮਜ਼ਦੂਰਾਂ, ਕਰਮਚਾਰੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਚੇਚਾ ਲਾਭ ਮਿਲੇਗਾ।
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਇਸ ਕਲੀਨਿਕ ਵਿਚ ਮਾਹਰ ਡਾਕਟਰ ਵਲੋਂ ਡਾਕਟਰੀ ਜਾਂਚ, ਲੋੜੀਂਦੀਆਂ ਦਵਾਈਆਂ, ਵੱਖ-ਵੱਖ ਲੈਬ ਟੈਸਟ, ਸ਼ੂਗਰ, ਬਲੱਡ ਪ੍ਰੈਸ਼ਰ ਸਮੇਤ ਕਈ ਬੀਮਾਰੀਆਂ ਦੀ ਜਾਂਚ, ਗਰਭਵਤੀ ਔਰਤਾਂ ਦੀ ਜਾਂਚ ਤੇ ਇਲਾਜ ਸਮੇਤ ਹੋਰ ਸਿਹਤ ਸਹੂਲਤਾਂ ਮੁਫ਼ਤ ਦਿਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਹਰ ਵਿਅਕਤੀ ਤਕ ਸਮੇਂ ਸਿਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਤਾਕਿ ਲੋਕਾਂ ਨੂੰ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਲੀਨਿਕ ਵਿਚ ਉਪਲਬਧ ਸਾਰੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਸਮਾਗਮ ਦੌਰਾਨ ਐਮ ਐਲ ਏ ਮਾਨ ਨੇ ਕਲੀਨਿਕ ਦਾ ਨਿਰੀਖਣ ਵੀ ਕੀਤਾ ਅਤੇ ਉੱਥੇ ਉਪਲਬਧ ਸਿਹਤ ਸੇਵਾਵਾਂ, ਦਵਾਈਆਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀ ਟੀਮ ਨੂੰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਦੀ ਰਹੇਗੀ।
ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ, ਚਨਾਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਏ ਆਰ ਰਾਣਾ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਮੌਜੂਦ ਸਨ।
ਫ਼ੋਟੋ ਕੈਪਸ਼ਨ : ਕੁਰਾਲੀ ਵਿਖੇ ਆਮ ਆਦਮੀ ਕਲੀਨਿਕ ਦੇ ਉਦਘਾਟਨੀ ਸਮਾਗਮ ਦੀਆਂ ਤਸਵੀਰਾਂ।












