ਪੰਜਾਬ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਦੀ ਖੁਸ਼ੀ ਮਨਾਈ
• ਅਧਿਆਪਕਾਂ, ਹੋਣਹਾਰ ਵਿਦਿਆਰਥੀਆਂ ਅਤੇ ਜੇ.ਈ.ਈ. ਯੋਗਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ
• ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣਾਇਆ : ਹਰਜੋਤ ਬੈਂਸ
ਚੰਡੀਗੜ੍ਹ, 30 ਮਈ: (AzadVaani ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਦੀ ਇਤਿਹਾਸਕ ਉਪਲਬਧੀ ਨੂੰ ਮਨਾਉਂਦਿਆਂ ਅੱਜ ਰਾਜ ਦੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਇੱਕੋ ਸਮੇਂ ਮੈਗਾ ਮਾਪੇ-ਅਧਿਆਪਕ ਮਿਲਣੀਆਂ (ਪੀ.ਟੀ.ਐਮ.) ਕਰਵਾਈਆਂ, ਜਿਸ ਨਾਲ ਸਾਰਾ ਪੰਜਾਬ ਭਾਗੀਦਾਰੀ ਆਧਾਰਿਤ ਸਿੱਖਿਆ ਦੇ ਇੱਕ ਵਿਸ਼ਾਲ ਸਮਾਗਮ ਵਿੱਚ ਤਬਦੀਲ ਹੋ ਗਿਆ।
‘ਸਿੱਖਿਆ ਦਾ ਮਹਾ ਜਸ਼ਨ’ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੂੰ ਮਿਲੇ ਪਹਿਲੇ ਸਥਾਨ ਦੀ ਖੁਸ਼ੀ ਵਿੱਚ ਕਰਵਾਇਆ ਗਿਆ ਹੈ। ਇਸ ਰਿਪੋਰਟ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਣ ਦੇ ਮਹੱਤਵਪੂਰਨ ਮਾਪਦੰਡਾਂ ‘ਤੇ ਕੇਰਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ, ਜਿਸਨੂੰ ਲੰਬੇ ਸਮੇਂ ਤੋਂ ਦੇਸ਼ ਵਿੱਚ ਸਕੂਲੀ ਸਿੱਖਿਆ ਦਾ ਮਾਪਦੰਡ ਮੰਨਿਆ ਜਾਂਦਾ ਰਿਹਾ ਹੈ।
ਇਸ ਸਾਂਝੀ ਸਫਲਤਾ ਨੂੰ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਇੰਗਲਿਸ਼ ਐਜ ਪ੍ਰੋਗਰਾਮ ਦੇ ਸਫਲ ਭਾਗੀਦਾਰਾਂ ਅਤੇ ਜੇ.ਈ.ਈ. ਯੋਗਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਅਤੇ ਸਰਟੀਫਿਕੇਟ ਦਿੱਤੇ ਗਏ।
ਮਾਪਿਆਂ ਦੀ ਭੂਮਿਕਾ ਨੂੰ ਇਸ ਸਫਲਤਾ ਦੇ ਮਹੱਤਵਪੂਰਨ ਭਾਗੀਦਾਰ ਵਜੋਂ ਦਰਸਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 20 ਲੱਖ ਤੋਂ ਵੱਧ ਮਾਪਿਆਂ ਨੇ ਮੈਗਾ ਪੀ.ਟੀ.ਐਮ. ਅਤੇ ਮਾਪੇ ਵਰਕਸ਼ਾਪਾਂ ਵਿੱਚ ਭਾਗ ਲਿਆ। ਇਸ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖਣ, ਛੁੱਟੀਆਂ ਦੇ ਕੰਮ ਦਾ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਅਤੇ ਸਕਾਰਾਤਮਕ ਰੋਜ਼ਾਨਾ ਆਦਤਾਂ ਵਿਕਸਿਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸਮਾਗਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਯੂਟਿਊਬ ‘ਤੇ ਲਾਈਵ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿਖਲਾਈ ਪ੍ਰਾਪਤ ਫੈਸਿਲੀਟੇਟਰਾਂ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ, ਤਾਲਮੇਲ ਕਰਨ ਅਤੇ ਜ਼ਮੀਨੀ ਪੱਧਰ ‘ਤੇ ਗਤੀਵਿਧੀਆਂ ਨੂੰ ਸਫਲਤਾਪੂਰਵਕ ਚਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਉਪਲਬਧੀ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਇਤਿਹਾਸਕ ਮੀਲ ਪੱਥਰ ਕਰਾਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਾ ਸਥਾਨ ਸਿਰਫ਼ ਸਰਕਾਰ ਦਾ ਨਹੀਂ ਹੈ। ਇਹ ਹਰ ਉਸ ਮਾਪੇ ਦਾ ਹੈ ਜਿਸ ਨੇ ਵਿਸ਼ਵਾਸ ਕੀਤਾ, ਹਰ ਉਸ ਵਿਦਿਆਰਥੀ ਦਾ ਹੈ ਜਿਸ ਨੇ ਮਿਹਨਤ ਕੀਤੀ ਅਤੇ ਹਰ ਉਸ ਅਧਿਆਪਕ ਦਾ ਹੈ ਜਿਸ ਨੇ ਪਾਠ ਪੁਸਤਕਾਂ ਤੋਂ ਅੱਗੇ ਵੱਧ ਕੇ ਆਪਣਾ ਫਰਜ਼ ਨਿਭਾਇਆ। ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਬਦਲ ਦਿੱਤਾ ਹੈ। ਦਹਾਕਿਆਂ ਤੱਕ ਲੋਕਾਂ ਨੂੰ ਕਿਹਾ ਜਾਂਦਾ ਰਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ। ਅੱਜ ਪੰਜਾਬ ਨੇ ਇਸ ਧਾਰਨਾ ਨੂੰ ਗਲਤ ਸਾਬਤ ਕਰ ਦਿੱਤਾ ਹੈ। ਇਹ ਰੈਂਕਿੰਗ ਸਾਡੀਆਂ ਕਲਾਸਰੂਮਾਂ ਵਿੱਚ ਜੰਮੀ ਇੱਕ ਕ੍ਰਾਂਤੀ ਦਾ ਨਤੀਜਾ ਹੈ।”












