ਸਾਹਿਬਜ਼ਾਦਾ ਅਜੀਤ ਸਿੰਘ ਨਗਰ 06, ਜੂਨ: (AzadVaani) ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਖਪਤਕਾਰਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਅਤੇ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਅਤੇ ਆਮ ਖਪਤਕਾਰਾਂ ਨੂੰ ਆਪਣੇ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸ਼੍ਰੀ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਸੈਂਪਲ ਟੈਸਟਿੰਗ ਸਹੂਲਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜੀ ਮੰਜ਼ਿਲ, ਡੀ.ਸੀ. ਦਫ਼ਤਰ, ਸੈਕਟਰ-76, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੁੱਧ ਉਤਪਾਦਕ, ਡੇਅਰੀ ਫਾਰਮਰ, ਵਿਕਰੇਤਾ ਜਾਂ ਖਪਤਕਾਰ ਆਪਣੇ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਦੁੱਧ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਨਾਲ ਨਾ ਸਿਰਫ਼ ਮਿਲਾਵਟ ਨੂੰ ਰੋਕਣ ਵਿੱਚ ਮਦਦ ਮਿਲੇਗੀ, ਸਗੋਂ ਲੋਕਾਂ ਦੀ ਸਿਹਤ ਦੀ ਸੁਰੱਖਿਆ ਵੀ ਯਕੀਨੀ ਬਣੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁੱਧ ਅਤੇ ਗੁਣਵੱਤਾ ਯੁਕਤ ਦੁੱਧ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਦੁੱਧ ਉਤਪਾਦਕਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਦੱਸਿਆਂ ਕਿ ਵਧੇਰੇ ਜਾਣਕਾਰੀ ਲਈ ਸ਼੍ਰੀ ਕਰਨਵੀਰ ਸਿੰਘ ਬਾਵਾ, ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 – 95015-02846 ਅਤੇ ਮਿਸ ਗੁਰਪ੍ਰੀਤ, ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 – 82210-24797 ਨਾਲ ਸੰਪਰਕ ਕੀਤਾ ਜਾ ਸਕਦਾ ਹੈ।












