ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ, 2026: (AzadVaani ) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ECCE) ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ.ਸੀ.ਸੀ.ਈ. ਸੇਵਾਵਾਂ ਪ੍ਰਦਾਨ ਕਰ ਰਹੀਆਂ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਅਤੇ ਸੰਬੰਧਿਤ ਸੰਸਥਾਵਾਂ ਲਈ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਸ ਲਈ ਸੰਚਾਲਕ ਜਲਦੀ ਤੋਂ ਜਲਦੀ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਮੋਹਾਲੀ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਰਜਿਸਟ੍ਰੇਸ਼ਨ ਦੀ ਕਾਰਵਾਈ ਪੂਰੀ ਕਰਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਪਲੇਅ-ਵੇਅ ਸਕੂਲ ਜਾਂ ਸੰਸਥਾ ਬਿਨਾਂ ਰਜਿਸਟ੍ਰੇਸ਼ਨ ਦੇ ਚਲਦੀ ਪਾਈ ਗਈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਅਤੇ ਸੰਸਥਾਵਾਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਿਆਰੀ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।











