ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ: (AzadVaani ) ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ (ਟ੍ਰੈਫਿਕ) ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਸਿਵਾਲਿਕ ਪਬਲਿਕ ਸਕੂਲ, ਫੇਜ਼-6, ਮੋਹਾਲੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸ. ਕਰਨੈਲ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ (ਟ੍ਰੈਫਿਕ) ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਹਰ ਨਾਗਰਿਕ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਵਿੱਚ ਦਿੱਤੀ ਜਾਵੇ, ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।
ਉਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦਿਆਂ ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਗਲਤ ਦਿਸ਼ਾ ਵਿੱਚ ਡਰਾਈਵਿੰਗ ਨਾ ਕਰਨ, ਨੋ-ਓਵਰਟੇਕ ਜ਼ੋਨ ਵਿੱਚ ਓਵਰਟੇਕ ਨਾ ਕਰਨ, ਅੰਡਰਏਜ ਡਰਾਈਵਿੰਗ ਤੋਂ ਬਚਣ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਤੇਜ਼ ਰਫ਼ਤਾਰ ਤੋਂ ਗੁਰੇਜ਼ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦੇਣ ਵਾਲੇ ਮਾਪਿਆਂ ਜਾਂ ਵਾਹਨ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕਦੀ ਹੈ, ਜਿਸ ਤਹਿਤ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਹੈ।
ਸੈਮੀਨਾਰ ਦੌਰਾਨ ਗੁੱਡ ਸਮੈਰੀਟਨ (Good Samaritan) ਸਕੀਮ ਅਤੇ ਫਰਿਸ਼ਤੇ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ 2,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ।
ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੈਮੀਨਾਰ ਤੋਂ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਨੂਪ ਕਿਰਨ ਕੌਰ, ਸ੍ਰੀ ਓਂਕਾਰ ਸਿੰਘ, ਸ੍ਰੀਮਤੀ ਪੂਜਾ ਪਿਪਲਾਨੀ ਅਤੇ ਸਕੂਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਨੂਪ ਕਿਰਨ ਕੌਰ ਨੇ ਸ. ਕਰਨੈਲ ਸਿੰਘ ਦਾ ਸਕੂਲ ਆਉਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।












